Home / ਮੁੱਖ ਖਬਰਾਂ / ਸ਼੍ਰੋਮਣੀ ਕਮੇਟੀ ਵੱਲੋਂ ਸਾਰਾਗੜ੍ਹੀ ਦੇ ਸ਼ਹੀਦਾਂ ਦੀ ਯਾਦ ਵਿੱਚ ਸਮਾਗਮ

ਸ਼੍ਰੋਮਣੀ ਕਮੇਟੀ ਵੱਲੋਂ ਸਾਰਾਗੜ੍ਹੀ ਦੇ ਸ਼ਹੀਦਾਂ ਦੀ ਯਾਦ ਵਿੱਚ ਸਮਾਗਮ

Spread the love

ਫ਼ਿਰੋਜ਼ਪੁਰ-ਸਾਰਾਗੜ੍ਹੀ ਜੰਗ ਦੇ ਸ਼ਹੀਦਾਂ ਦੀ ਯਾਦ ਵਿੱਚ ਇੱਥੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਵੱਲੋਂ ਗੁਰੂ ਗੋਬਿੰਦ ਸਿੰਘ ਨਾਲ ਸਬੰਧਤ ਇਤਿਹਾਸਕ ਗੁਰਦੁਆਰਾ ਗੁਰੂਸਰ ਜ਼ਾਮਨੀ ਸਾਹਿਬ ਬਜੀਦਪੁਰ ਵਿੱਚ ਗੁਰਮਤਿ ਸਮਾਗਮ ਕਰਵਾਇਆ ਗਿਆ। ਇਸ ਸਮਾਗਮ ਵਿੱਚ ਐਸਜੀਪੀਸੀ ਦੇ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਕਿਸੇ ਕਾਰਨ ਸ਼ਿਰਕਤ ਨਹੀਂ ਕਰ ਸਕੇ। ਉਨ੍ਹਾਂ ਦੀ ਥਾਂ ਕਮੇਟੀ ਦੇ ਜਨਰਲ ਸਕੱਤਰ ਭਾਈ ਅਮਰਜੀਤ ਸਿੰਘ ਚਾਵਲਾ ਪੁੱਜੇ।
ਸਮਾਗਮ ਦੌਰਾਨ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ ਦੇ ਹਜ਼ੂਰੀ ਰਾਗੀ ਭਾਈ ਰਾਇ ਸਿੰਘ ਨੇ ਕੀਰਤਨ ਸਰਵਣ ਕੀਤਾ। ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਗਿਆਨੀ ਮਾਨ ਸਿੰਘ ਤੇ ਗਿਆਨੀ ਜਸਵੰਤ ਸਿੰਘ ਨੇ ਸੰਗਤ ਨੂੰ ਬਾਣੀ ਤੇ ਬਾਣੇ ਨਾਲ ਜੁੜਨ ਲਈ ਪ੍ਰੇਰਿਆ। ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸੰਗਤ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸਿੱਖਾਂ ਦਾ ਸਮੁੱਚਾ ਇਤਿਹਾਸ ਕੁਰਬਾਨੀਆਂ ਦੀ ਵਿਲੱਖਣ ਗਾਥਾ ਹੈ। ਸਾਰਾਗੜ੍ਹੀ ਜੰਗ ਦੇ 21 ਸਿੱਖ ਫ਼ੌਜੀਆਂ ਨੇ ਹਜ਼ਾਰਾਂ ਦੀ ਗਿਣਤੀ ਵਿੱਚ ਦੁਸ਼ਮਣਾਂ ਦਾ ਦਲੇਰੀ ਨਾਲ ਮੁਕਾਬਲਾ ਕਰ ਕੇ ਦਰਸਾ ਦਿੱਤਾ ਸੀ ਕਿ ਸਿੱਖ ਮੈਦਾਨ-ਏ-ਜੰਗ ਵਿੱਚੋਂ ਕਦੇ ਪਿੱਛੇ ਨਹੀਂ ਹਟਦੇ। ਇਸ ਇਤਿਹਾਸ ਨੂੰ ਨੌਜਵਾਨ ਪੀੜ੍ਹੀ ਤੱਕ ਲਿਜਾਣਾ ਸਮੇਂ ਦੀ ਮੁੱਖ ਲੋੜ ਹੈ।
ਭਾਈ ਅਮਰਜੀਤ ਸਿੰਘ ਚਾਵਲਾ ਨੇ ਕਿਹਾ ਕਿ ਗੁਰੂ ਸਾਹਿਬਾਨ ਤੋਂ ਦਿੜ੍ਹ ਇਰਾਦੇ ਤੇ ਹਿੰਮਤ ਦੀ ਗੁੜ੍ਹਤੀ ਪ੍ਰਾਪਤ ਕਰ ਕੇ ਸਿੱਖਾਂ ਨੇ ਸਮੇਂ ਸਮੇਂ ਹੱਕ, ਸੱਚ ਤੇ ਅਣਖ ਲਈ ਕਈ ਜੰਗਾਂ ਲੜ ਕੇ ਇਤਿਹਾਸ ਸਿਰਜਿਆ ਹੈ। ਸਾਰਾਗੜ੍ਹੀ ਦੀ ਜੰਗ ਵੀ ਇਸੇ ਲੜੀ ਦਾ ਹਿੱਸਾ ਹੈ। ਸ਼੍ਰੋਮਣੀ ਕਮੇਟੀ ਦੀ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਨੇ ਕਿਹਾ ਕਿ ਸਿੱਖ ਕੌਮ ਨੂੰ ਕੁਰਬਾਨੀ ਦਾ ਜਜ਼ਬਾ ਆਪਣੀ ਵਿਰਾਸਤ ਵਿੱਚੋਂ ਮਿਲਿਆ ਹੈ। ਉਨ੍ਹਾਂ ਕਿਹਾ ਕਿ ਕੌਮ ਦੇ ਨੌਜਵਾਨਾਂ ਤੇ ਬੱਚਿਆਂ ਨੂੰ ਆਪਣੇ ਸ਼ਹੀਦਾਂ ਦੇ ਇਤਿਹਾਸ ਨਾਲ ਜੋੜਨ ਲਈ ਸਿੱਖ ਸੰਸਥਾਵਾਂ ਤੇ ਮਾਪਿਆਂ ਨੂੰ ਰਲ ਕੇ ਯਤਨ ਕਰਨੇ ਹੋਣਗੇ। ਧਰਮ ਪ੍ਰਚਾਰ ਕਮੇਟੀ ਦੇ ਵਧੀਕ ਸਕੱਤਰ ਸੁਖਦੇਵ ਸਿੰਘ ਭੂਰਾਕੋਹਨਾ ਨੇ ਸ਼੍ਰੋਮਣੀ ਕਮੇਟੀ ਵੱਲੋਂ ਧਰਮ ਪ੍ਰਚਾਰ ਖੇਤਰ ਵਿੱਚ ਕੀਤੇ ਜਾ ਰਹੇ ਕਾਰਜਾਂ ਦੀ ਜਾਣਕਾਰੀ ਵੀ ਦਿੱਤੀ।
ਇਸ ਮੌਕੇ ਅੰਤ੍ਰਿੰਗ ਕਮੇਟੀ ਦੇ ਮੈਂਬਰ ਸਤਪਾਲ ਸਿੰਘ ਤਲਵੰਡੀ, ਜੋਗਿੰਦਰ ਕੌਰ ਬਠਿੰਡਾ, ਸ਼੍ਰੋਮਣੀ ਕਮੇਟੀ ਮੈਂਬਰ ਦਰਸ਼ਨ ਸਿੰਘ ਸ਼ੇਰਖਾਂ, ਪ੍ਰੀਤਮ ਸਿੰਘ ਮਲਸੀਆਂ, ਗੁਰਮੀਤ ਸਿੰਘ ਬੂਹ, ਦਰਸ਼ਨ ਸਿੰਘ ਮੋਠਾਂਵਾਲਾ, ਲਖਬੀਰ ਸਿੰਘ ਰਾਈਆਂ ਵਾਲਾ, ਗੁਰਿੰਦਰ ਕੌਰ, ਸੁਖਹਰਪ੍ਰੀਤ ਸਿੰਘ ਰੋਡੇ, ਬੀਬੀ ਕਿਰਨਬੀਰ ਕੌਰ, ਗੁਰਵਿੰਦਰ ਸਿੰਘ, ਬੀਬੀ ਜਸਵਿੰਦਰ ਕੌਰ ਜ਼ੀਰਾ, ਜਨਮੇਜਾ ਸਿੰਘ ਸੇਖੋਂ, ਹਰੀ ਸਿੰਘ ਜ਼ੀਰਾ, ਜੋਗਿੰਦਰ ਸਿੰਘ ਜਿੰਦੂ, ਸੁਖਦੇਵ ਸਿੰਘ ਭੂਰਾ ਕੋਹਨਾ, ਕੇਵਲ ਸਿੰਘ, ਮੀਤ ਸਕੱਤਰ ਕੁਲਵਿੰਦਰ ਸਿੰਘ ਰਮਦਾਸ ਅਤੇ ਕੁਲਵੰਤ ਸਿੰਘ ਮੈਨੇਜਰ ਗੁਰਦੁਆਰਾ ਜ਼ਾਮਨੀ ਸਾਹਿਬ ਹਾਜ਼ਰ ਸਨ।

Leave a Reply

Your email address will not be published.