ਮੁੱਖ ਖਬਰਾਂ
Home / ਮੁੱਖ ਖਬਰਾਂ / ਜੱਲ੍ਹਿਆਂਵਾਲਾ ਬਾਗ਼ ਕਤਲੇਆਮ ਲਈ ਬ੍ਰਿਟੇਨ ਮੁਆਫ਼ੀ ਮੰਗੇ : ਸਾਦਿਕ ਖਾਨ
London Mayor Sadiq Khan visits the holy Sikh shrine of Golden temple in Amritsar, India, December 6, 2017. REUTERS/Stringer - RC14FFE875B0

ਜੱਲ੍ਹਿਆਂਵਾਲਾ ਬਾਗ਼ ਕਤਲੇਆਮ ਲਈ ਬ੍ਰਿਟੇਨ ਮੁਆਫ਼ੀ ਮੰਗੇ : ਸਾਦਿਕ ਖਾਨ

Spread the love

ਅੰਮ੍ਰਿਤਸਰ-ਲੰਡਨ ਦੇ ਮੇਅਰ ਸਾਦਿਕ ਖਾਨ ਨੇ ਇਥੇ ਜੱਲ੍ਹਿਆਂਵਾਲਾ ਬਾਗ ਵਿੱਚ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਕਿਹਾ ਕਿ 13 ਅਪਰੈਲ, 1919 ਨੂੰ ਹੋਏ ਇਸ ਕਾਂਡ ਲਈ ਬਰਤਾਨਵੀ ਸਰਕਾਰ ਨੂੰ ਭਾਰਤੀ ਲੋਕਾਂ ਕੋਲੋਂ ਮੁਆਫੀ ਮੰਗਣੀ ਚਾਹੀਦੀ ਹੈ। ਇਸ ਤੋਂ ਪਹਿਲਾਂ ਉਨ੍ਹਾਂ ਸ੍ਰੀ ਹਰਿਮੰਦਰ ਸਾਹਿਬ ਮੱਥਾ ਟੇਕਿਆ। ਜੱਲ੍ਹਿਆਂਵਾਲਾ ਬਾਗ ਦਾ ਦੌਰਾ ਕਰਦਿਆਂ ਤੇ ਇਸ ਦੇ ਇਤਿਹਾਸ ਨੂੰ ਪੜ੍ਹਦਿਆਂ ਸ੍ਰੀ ਖਾਨ ਨੇ ਕਿਹਾ ਕਿ ਉਸ ਵੇਲੇ ਬਰਤਾਨਵੀ ਸਾਮਰਾਜ ਦੇ ਅਫ਼ਸਰਾਂ ਵੱਲੋਂ ਚਲਾਈਆਂ ਗੋਲੀਆਂ ਨਾਲ ਸੈਂਕੜੇ ਲੋਕ ਮਾਰੇ ਗਏ ਸਨ, ਜੋ ਬੇਹੱਦ ਦੁਖਦਾਈ ਹੈ। ਇਥੇ ਯਾਤਰੂ ਕਿਤਾਬ ’ਚ ਉਨ੍ਹਾਂ ਨੇ ਆਪਣੀਆਂ ਭਾਵਨਾਵਾਂ ਦਰਜ ਕਰਦਿਆਂ ਕਿਹਾ ਕਿ ਬਰਤਾਨਵੀ ਸਾਮਰਾਜ ਦੀ ਇਹ ਕਾਰਵਾਈ ਮੰਦਭਾਗੀ ਸੀ, ਜਿਸ ਲਈ ਮੁਆਫੀ ਮੰਗੀ ਜਾਣੀ ਚਾਹੀਦੀ ਹੈ। ਉਨ੍ਹਾਂ ਨੇ ਸ਼ਹੀਦੀ ਖੂਹ ਕੋਲ ਕੁੱਝ ਪਲ ਬਿਤਾਏ ਅਤੇ ਉਸ ਦੇ ਇਤਿਹਾਸ ਬਾਰੇ ਜਾਣਕਾਰੀ ਲਈ। ਉਨ੍ਹਾਂ ਨੇ ਸ਼ਹੀਦੀ ਸਮਾਰਕ ‘ਤੇ ਫੁੱਲ ਭੇਟ ਕੀਤੇ ਅਤੇ ਸ਼ਹੀਦੀ ਲਾਟ ਕੋਲ ਇਕ ਮਿੰਟ ਮੌਨ ਰਹਿ ਕੇ ਸ਼ਰਧਾਂਜਲੀ ਭੇਟ ਕੀਤੀ।
ਇਸ ਤੋਂ ਪਹਿਲਾਂ ਸਵੇਰੇ ਉਨ੍ਹਾਂ ਨੇ ਸ੍ਰੀ ਹਰਿਮੰਦਰ ਸਾਹਿਬ ਮੱਥਾ ਟੇਕਿਆ। ਸ੍ਰੀ ਹਰਿਮੰਦਰ ਸਾਹਿਬ ਪੁੱਜਣ ‘ਤੇ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਤੇ ਹੋਰਾਂ ਨੇ ਉਨ੍ਹਾਂ ਦਾ ਸਵਾਗਤ ਕੀਤਾ। ਉਹ ਸ੍ਰੀ ਗੁਰੂ ਰਾਮਦਾਸ ਲੰਗਰ ਘਰ ਵੀ ਗਏ, ਜਿਥੇ ਉਨ੍ਹਾਂ ਨੇ ਸੰਕੇਤਕ ਸੇਵਾ ਕੀਤੀ ਅਤੇ ਲੰਗਰ ਛਕਿਆ। ਉਨ੍ਹਾਂ ਨੇ ਅਕਾਲ ਤਖ਼ਤ ਸਾਹਿਬ ਵਿਖੇ ਵੀ ਮੱਥਾ ਟੇਕਿਆ। ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਉਨ੍ਹਾਂ ਨੂੰ ਸਾਕਾ ਨੀਲਾ ਤਾਰਾ ਬਾਰੇ ਜਾਣਕਾਰੀ ਦਿੱਤੀ ਅਤੇ ਸ੍ਰੀ ਅਕਾਲ ਤਖ਼ਤ ਨੇੜੇ ਡਿਉਢੀ ਦੇ ਦਰਵਾਜ਼ੇ ‘ਤੇ ਗੋਲੀਆਂ ਦੇ ਨਿਸ਼ਾਨ ਦਿਖਾਏ। ਸੂਚਨਾ ਕੇਂਦਰ ਵਿੱਚ ਅੰਤ੍ਰਿੰਗ ਕਮੇਟੀ ਮੈਂਬਰ ਐਡਵੋਕੇਟ ਭਗਵੰਤ ਸਿੰਘ ਸਿਆਲਕਾ ਤੇ ਹੋਰਾਂ ਨੇ ਉਨ੍ਹਾਂ ਨੂੰ ਲੋਈ, ਸਿਰੋਪਾਓ ਅਤੇ ਸ੍ਰੀ ਹਰਿਮੰਦਰ ਸਾਹਿਬ ਦਾ ਮਾਡਲ ਦੇ ਕੇ ਸਨਮਾਨਿਤ ਕੀਤਾ। ਸ੍ਰੀ ਖਾਨ ਨੇ ਕਿਹਾ ਕਿ ਸ੍ਰੀ ਹਰਿਮੰਦਰ ਸਾਹਿਬ ਵਿਸ਼ਵ ਦਾ ਮਹਾਨ ਧਾਰਮਿਕ ਅਸਥਾਨ ਹੈ, ਜਿਥੇ ਹਰ ਧਰਮ ਦੇ ਲੋਕ ਸ਼ਰਧਾ ਨਾਲ ਨਤਮਸਤਕ ਹੁੰਦੇ ਹਨ। ਉਨ੍ਹਾਂ ਨੂੰ ਇਥੇ ਆ ਕੇ ਮਾਨਸਿਕ ਸਕੂਨ ਮਿਲਿਆ ਹੈ। ਉਨ੍ਹਾਂ ਨੇ ਇੰਗਲੈਂਡ ਦੀ ਤਰੱਕੀ ਵਿੱਚ ਸਿੱਖਾਂ ਦੇ ਯੋਗਦਾਨ ਦੀ ਵੀ ਸ਼ਲਾਘਾ ਕੀਤੀ। ਇਹ ਜਾਣਕਾਰੀ ਵੀ ਦਿੱਤੀ ਗਈ ਕਿ ਦੂਜੇ ਵਿਸ਼ਵ ਯੁੱਧ ਵਿੱਚ ਮਾਰੇ ਗਏ ਸਿੱਖਾਂ ਦੀ ਯਾਦ ’ਚ ਮੇਅਰ ਵੱਲੋਂ ਲੰਡਨ ’ਚ ਸਮਾਰਕ ਬਣਾਉਣ ਦੀ ਯੋਜਨਾ ਹੈ। ਇਸ ਮਗਰੋਂ ਉਹ ਆਪਣੇ 16 ਮੈਂਬਰੀ ਵਫ਼ਦ ਸਮੇਤ ਅਟਾਰੀ-ਵਾਹਗਾ ਸਰਹੱਦ ਰਸਤੇ ਪਾਕਿਸਤਾਨ ਰਵਾਨਾ ਹੋ ਗਏ।

Leave a Reply

Your email address will not be published.