ਮੁੱਖ ਖਬਰਾਂ
Home / ਪੰਜਾਬ / ਗਾਇਕ ’ਤੇ ਹਮਲੇ ਦੇ ਸਬੰਧ ’ਚ ਬੱਦੀ ਤੋਂ ਨੌਜਵਾਨ ਗ੍ਰਿਫ਼ਤਾਰ

ਗਾਇਕ ’ਤੇ ਹਮਲੇ ਦੇ ਸਬੰਧ ’ਚ ਬੱਦੀ ਤੋਂ ਨੌਜਵਾਨ ਗ੍ਰਿਫ਼ਤਾਰ

Spread the love

ਐੱਸ.ਏ.ਐੱਸ. ਨਗਰ (ਮੁਹਾਲੀ)-ਪੰਜਾਬੀ ਗਾਇਕ ਪਰਮੀਸ਼ ਵਰਮਾ ’ਤੇ ਹੋਏ ਹਮਲੇ ਦੇ ਮਾਮਲੇ ਵਿੱਚ ਮੁਹਾਲੀ ਪੁਲੀਸ ਨੇ ਬੱਦੀ ਵਿੱਚੋਂ ਹਰਵਿੰਦਰ ਸਿੰਘ ਉਰਫ਼ ਹੈਪੀ ਨਾਂ ਦੇ ਵਿਅਕਤੀ ਨੂੰ ਹਿਰਾਸਤ ਵਿੱਚ ਲਿਆ ਹੈ। ਸੋਸ਼ਲ ਮੀਡੀਆ ’ਤੇ ਗਾਇਕ ਉੱਪਰ ਹਮਲਾ ਕਰਨ ਦੀ ਜ਼ਿੰਮੇਵਾਰੀ ਲੈਣ ਵਾਲਾ ਗੈਂਗਸਟਰ ਦਿਲਪ੍ਰੀਤ ਸਿੰਘ ਹਾਲੇ ਤੱਕ ਪੁਲੀਸ ਦੀ ਗ੍ਰਿਫ਼ਤ ਤੋਂ ਬਾਹਰ ਹੈ। ਇਸ ਸਬੰਧੀ ਪੁਲੀਸ ਦੀਆਂ ਵੱਖ-ਵੱਖ ਟੀਮਾਂ ਵੱਲੋਂ ਗੁਪਤ ਸੂਚਨਾਵਾਂ ਨੂੰ ਆਧਾਰ ਬਣਾ ਕੇ ਕਾਫੀ ਥਾਵਾਂ ’ਤੇ ਛਾਪੇ ਮਾਰੇ ਜਾ ਰਹੇ ਹਨ। ਇਸ ਤੋਂ ਇਲਾਵਾ ਪੁਲੀਸ ਵੱਲੋਂ ਸੋਸ਼ਲ ਮੀਡੀਆ ’ਤੇ ਅਪਲੋਡ ਹੋ ਰਹੀਆਂ ਖ਼ਬਰਾਂ ਅਤੇ ਟਿੱਪਣੀਆਂ ’ਤੇ ਵੀ ਤਿੱਖੀ ਨਜ਼ਰ ਰੱਖੀ ਜਾ ਰਹੀ ਹੈ ਅਤੇ ਗੈਂਗਸਟਰ ਦਿਲਪ੍ਰੀਤ ਦੇ ਫੇਸਬੁੱਕ ਅਕਾਊਂਟ ਦੀ ਵੀ ਜਾਂਚ ਕੀਤੀ ਜਾ ਰਹੀ ਹੈ। ਗੈਂਗਸਟਰ ਦੀ ਪੈੜ ਨੱਪਣ ਲਈ ਸਾਈਬਰ ਸੈੱਲ ਤੋਂ ਵੀ ਸਹਿਯੋਗ ਲਿਆ ਜਾ ਰਿਹਾ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਇੱਥੋਂ ਸੈਕਟਰ-91 ਵਿੱਚ ਸ਼ੁੱਕਰਵਾਰ ਨੂੰ ਕਰੀਬ ਅੱਧੀ ਰਾਤ ਪੰਜਾਬੀ ਗੀਤ ‘ਗਾਲ੍ਹ ਨੀ ਕੱਢਣੀ’ ਨਾਲ ਮਸ਼ਹੂਰ ਹੋਏ ਗਾਇਕ ਤੇ ਅਦਾਕਾਰ ਪਰਮੀਸ਼ ਵਰਮਾ ’ਤੇ ਕੁਝ ਅਣਪਛਾਤੇ ਵਿਅਕਤੀਆਂ ਨੇ ਗੋਲੀ ਚਲਾ ਦਿੱਤੀ। ਇਸ ਹਾਦਸੇ ਵਿੱਚ ਗਾਇਕ ਦੇ ਦੋਸਤ ਕੁਲਵੰਤ ਸਿੰਘ ਚਾਹਲ ਉਰਫ਼ ਲਾਡੀ ਵੀ ਜ਼ਖ਼ਮੀ ਹੋਇਆ ਹੈ। ਦੋਵਾਂ ਨੂੰ ਫੋਰਟਿਸ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਗਾਇਕ ਅਤੇ ਲਾਡੀ ਦੇ ਗੋਡਿਆਂ ’ਤੇ ਗੋਲੀ ਲੱਗੀ ਹੈ। ਉਧਰ, ਫੋਰਟਿਸ ਹਸਪਤਾਲ ਦੇ ਡਾਕਟਰਾਂ ਨੇ ਅੱਜ ਦੱਸਿਆ ਕਿ ਪਰਮੀਸ਼ ਵਰਮਾ ਅਤੇ ਲਾਡੀ ਦੀ ਹਾਲਤ ਖ਼ਤਰੇ ਤੋਂ ਬਾਹਰ ਹੈ ਅਤੇ ਉਨ੍ਹਾਂ ਦੀ ਸਿਹਤ ਵਿੱਚ ਲਗਾਤਾਰ ਸੁਧਾਰ ਹੋ ਰਿਹਾ ਹੈ।
ਪੁਲੀਸ ਸੂਤਰਾਂ ਦੀ ਜਾਣਕਾਰੀ ਅਨੁਸਾਰ ਅੱਜ ਪੁਲੀਸ ਦੇ ਸੀਨੀਅਰ ਅਧਿਕਾਰੀਆਂ ਨੇ ਦੁਬਾਰਾ ਫੋਰਟਿਸ ਹਸਪਤਾਲ ਦਾ ਦੌਰਾ ਕਰਕੇ ਗਾਇਕ ਤੇ ਉਸ ਦੇ ਦੋਸਤ ਦੀ ਖਬਰਸਾਰ ਲਈ ਅਤੇ ਉਨ੍ਹਾਂ ਤੋਂ ਘਟਨਾ ਬਾਰੇ ਹੋਰ ਜਾਣਕਾਰੀ ਹਾਸਲ ਕਰਨ ਦੀ ਕੋਸ਼ਿਸ਼ ਕੀਤੀ ਗਈ। ਪੁਲੀਸ ਨੇ ਗਾਇਕ ਨੂੰ ਸੁਰੱਖਿਆ ਲਈ ਪੁਲੀਸ ਟੁਕੜੀ ਮੁਹੱਈਆ ਕਰਵਾਉਣ ਦੀ ਪੇਸ਼ਕਸ਼ ਕੀਤੀ ਹੈ। ਸੂਤਰਾਂ ਅਨੁਸਾਰ ਗਾਇਕ ਨੇ ਪੁਲੀਸ ਤੋਂ ਸੁਰੱਖਿਆ ਛੱਤਰੀ ਲੈਣ ਤੋਂ ਸਾਫ਼ ਇਨਕਾਰ ਕਰ ਦਿੱਤਾ ਹੈ। ਇਸ ਸਬੰਧੀ ਕੋਈ ਵੀ ਪੁਲੀਸ ਅਧਿਕਾਰੀ ਆਪਣਾ ਮੂੰਹ ਖੋਲ੍ਹਣ ਨੂੰ ਤਿਆਰ ਨਹੀਂ ਹੈ।

Leave a Reply

Your email address will not be published.