ਮੁੱਖ ਖਬਰਾਂ
Home / ਪੰਜਾਬ / ਕੈਪਟਨ ਵੱਲੋਂ ਬਿੱਟੂ ਨੂੰ ਜ਼ਾਬਤੇ ’ਚ ਰਹਿਣ ਦੀ ਹਦਾਇਤ

ਕੈਪਟਨ ਵੱਲੋਂ ਬਿੱਟੂ ਨੂੰ ਜ਼ਾਬਤੇ ’ਚ ਰਹਿਣ ਦੀ ਹਦਾਇਤ

Spread the love

ਚੰਡੀਗੜ੍ਹ-ਕਾਂਗਰਸ ਦੇ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਵੱਲੋਂ ਆਮ ਆਦਮੀ ਪਾਰਟੀ ਦੇ ਨੇਤਾ ਭਗਵੰਤ ਮਾਨ ਨੂੰ ਪੰਜਾਬ ਕਾਂਗਰਸ ਵਿੱਚ ਸ਼ਾਮਲ ਕਰਨ ਦੇ ਦਿੱਤੇ ਸੁਝਾਅ ’ਤੇ ਤਿੱਖੀ ਪ੍ਰਤੀਕਿਰਿਆ ਜ਼ਾਹਰ ਕਰਦਿਆਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪਾਰਟੀ ਲੀਡਰਾਂ ਨੂੰ ਜਨਤਕ ਬਿਆਨਬਾਜ਼ੀ ਕਰਨ ਤੋਂ ਗੁਰੇਜ਼ ਕਰਨ ਲਈ ਆਖਿਆ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਦੂਜੀਆਂ ਪਾਰਟੀਆਂ ਦੇ ਲੀਡਰਾਂ ਨੂੰ ਕਾਂਗਰਸ ਪਾਰਟੀ ਵਿੱਚ ਲਿਆਉਣ ਬਾਰੇ ਕੋਈ ਵੀ ਫੈਸਲਾ ਲੈਣਾ ਪਾਰਟੀ ਹਾਈ ਕਮਾਂਡ ਦੇ ਅਧਿਕਾਰ ਖੇਤਰ ਵਿੱਚ ਹੈ। ਉਨ੍ਹਾਂ ਕਿਹਾ ਕਿ ਪਾਰਟੀ ਦੇ ਮਸਲਿਆਂ ਨਾਲ ਸਬੰਧਤ ਵਿਚਾਰ-ਚਰਚਾ ਕਰਨ ਲਈ ਪਾਰਟੀ ਮੰਚ ਹੀ ਸਹੀ ਥਾਂ ਹੁੰਦੀ ਹੈ। ਉਨ੍ਹਾਂ ਨੇ ਬਿੱਟੂ ਵੱਲੋਂ ਸਾਲ 2019 ਦੀਆਂ ਚੋਣਾਂ ਤੋਂ ਪਹਿਲਾਂ ਸੰਗਰੂਰ ਤੋਂ ‘ਆਪ’ ਦੇ ਸੰਸਦ ਮੈਂਬਰ ਭਗਵੰਤ ਮਾਨ ਨੂੰ ਕਾਂਗਰਸ ਵਿੱਚ ਸ਼ਾਮਲ ਕਰਨ ਬਾਰੇ ਦਿੱਤੇ ਬਿਆਨ ’ਤੇ ਹੈਰਾਨੀ ਜ਼ਾਹਰ ਕਰਦਿਆਂ ਕਿਹਾ ਕਿ ਲੁਧਿਆਣਾ ਦੇ ਸੰਸਦ ਮੈਂਬਰ ਨੂੰ ਆਪਣੇ ਵਿਚਾਰ ਜਾਂ ਤਾਂ ਪਾਰਟੀ ਦੇ ਜਨਰਲ ਸਕੱਤਰ ਤੇ ਪੰਜਾਬ ਕਾਂਗਰਸ ਦੇ ਪ੍ਰਧਾਨ ਕੋਲ ਜਾਂ ਫਿਰ ਉਨ੍ਹਾਂ (ਮੁੱਖ ਮੰਤਰੀ) ਕੋਲ ਜ਼ਾਹਰ ਕਰਨੇ ਚਾਹੀਦੇ ਸਨ। ਮੁੱਖ ਮੰਤਰੀ ਨੇ ਕਿਹਾ ਕਿ ਜਮਹੂਰੀ ਸੰਸਥਾ ਹੋਣ ਦੇ ਨਾਤੇ ਕਾਂਗਰਸ ਪਾਰਟੀ ਬਿੱਟੂ ਦੀ ਸਲਾਹ ’ਤੇ ਅੰਦਰੂਨੀ ਪੱਧਰ ’ਤੇ ਵਿਚਾਰ ਸਕਦੀ ਹੈ ਅਤੇ ਅੰਤਿਮ ਫੈਸਲਾ ਪਾਰਟੀ ਹਾਈ ਕਮਾਂਡ ਦਾ ਹੋਵੇਗਾ।
ਉਨ੍ਹਾਂ ਕਿਹਾ ਕਿ ਪਾਰਟੀ ਦੇ ਨਿਯਮਾਂ ਮੁਤਾਬਕ ਕਿਸੇ ਸੰਸਦ ਮੈਂਬਰ ਨੂੰ ਪਾਰਟੀ ਵਿੱਚ ਸ਼ਾਮਲ ਕਰਨ ਲਈ ਕਾਂਗਰਸ ਦੇ ਕੌਮੀ ਪ੍ਰਧਾਨ ਦੀ ਵਿਸ਼ੇਸ਼ ਪ੍ਰਵਾਨਗੀ ਦੀ ਲੋੜ ਹੁੰਦੀ ਹੈ। ਬਿੱਟੂ ਪਾਰਟੀ ਦੇ ਸੀਨੀਅਰ ਨੇਤਾ ਹੋਣ ਦੇ ਨਾਤੇ ਪਾਰਟੀ ਦੀ ਕਾਰਜ ਪ੍ਰਣਾਲੀ ਤੋਂ ਭਲੀਭਾਂਤ ਜਾਣੂੰ ਹਨ, ਜਿਸ ਕਰਕੇ ਉਨ੍ਹਾਂ ਨੂੰ ਅਜਿਹੇ ਮਾਮਲਿਆਂ ਵਿੱਚ ਲੋੜੀਂਦੀ ਪ੍ਰਕਿਰਿਆ ਅਪਣਾਉਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਪਾਰਟੀ ਨਾਲ ਸਬੰਧਤ ਮਾਮਲਿਆਂ ਨੂੰ ਜਨਤਕ ਤੌਰ ’ਤੇ ਉਠਾਉਣਾ ਪਾਰਟੀ ਦੀਆਂ ਸੰਵਿਧਾਨਕ ਕਦਰਾਂ-ਕੀਮਤਾਂ ਦੇ ਵਿਰੁੱਧ ਹੈ। ਮੁੱਖ ਮੰਤਰੀ ਨੇ ਕਿਹਾ ਕਿ ਪਾਰਟੀ ਦੇ ਅੰਦਰੂਨੀ ਮਸਲਿਆਂ ਨੂੰ ਉਠਾਉਣ ਜਾਂ ਵਿਚਾਰਨ ਲਈ ਮੀਡੀਆ ਢੁਕਵਾਂ ਮੰਚ ਨਹੀਂ ਹੈ ਅਤੇ ਉਨ੍ਹਾਂ ਨੇ ਸਾਰੇ ਕਾਂਗਰਸੀ ਆਗੂਆਂ ਨੂੰ ਅਜਿਹੇ ਮਾਮਲਿਆਂ ’ਤੇ ਅਨੁਸ਼ਾਸਨਿਕ ਪਹੁੰਚ ਅਪਣਾਉਣ ਦਾ ਸੱਦਾ ਦਿੱਤਾ।

Leave a Reply

Your email address will not be published.