Home / ਪੰਜਾਬ / ਢੀਂਡਸਾ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ

ਢੀਂਡਸਾ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ

Spread the love

ਅੰਮਿ੍ਤਸਰ-ਬੀਤੀ 29 ਸਤੰਬਰ ਨੂੰ ਸ਼ੋ੍ਰਮਣੀ ਅਕਾਲੀ ਦਲ ਦੇ ਸਕੱਤਰ ਜਨਰਲ ਤੇ ਕੋਰ ਕਮੇਟੀ ਦੇ ਮੈਂਬਰ ਵਜੋਂ ਅਹੁਦਿਆਂ ਤੋਂ ਅਸਤੀਫ਼ਾ ਦੇਣ ਵਾਲੇ ਸੀਨੀਅਰ ਅਕਾਲੀ ਆਗੂ ਤੇ ਮੈਂਬਰ ਰਾਜ ਸਭਾ ਸ: ਸੁਖਦੇਵ ਸਿੰਘ ਢੀਂਡਸਾ ਅੱਜ ਸ੍ਰੀ ਹਰਿਮੰਦਰ ਸਾਹਿਬ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਨਤਮਸਤਕ ਹੋਣ ਪੁੱਜੇ | ਉਨ੍ਹਾਂ ਬਾਅਦ ‘ਚ ਸੂਚਨਾ ਕੇਂਦਰ ਵਿਖੇ ਚੋਣਵੇਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਉਹ ਸ੍ਰੀ ਹਰਿਮੰਦਰ ਸਾਹਿਬ ਵਿਖੇ ਆਪਣੀ ਸਿਹਤਯਾਬੀ ਲਈ ਅਰਦਾਸ ਕਰਨ ਤੇ ਆਸ਼ੀਰਵਾਦ ਲੈਣ ਅਤੇ ਜ਼ਿੰਦਗੀ ‘ਚ ਹੋਈਆਂ ਭੁੱਲਾਂ ਨੂੰ ਬਖ਼ਸ਼ਾਉਣ ਲਈ ਆਏ ਹਨ | ਉਨ੍ਹਾਂ ਕਿਹਾ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਵੀ ਨਤਮਸਤਕ ਹੋਇਆ ਹਾਂ ਕਿ ਜ਼ਿੰਦਗੀ ‘ਚੋਂ ਲੰਘਦਿਆਂ ਜੋ ਬਹੁਤ ਸਾਰੀਆਂ ਭੁੱਲਾਂ ਹੋ ਗਈਆਂ ਹੋਣਗੀਆਂ ਉਨ੍ਹਾਂ ਨੂੰ ਬਖਸ਼ ਦਿੱਤਾ ਜਾਵੇ | ਇਕ ਸਵਾਲ ਦੇ ਜਵਾਬ ‘ਚ ਉਨ੍ਹਾਂ ਦੱਸਿਆ ਕਿ ਉਨ੍ਹਾਂ ਨੇ ਪਾਰਟੀ ਨਹੀਂ ਛੱਡੀ ਹੈ ਅਤੇ ਸਿਹਤ ਠੀਕ ਨਾ ਹੋਣ ਕਾਰਨ ਅਹੁਦਿਆਂ ਤੋਂ ਅਸਤੀਫ਼ਾ ਦਿੱਤਾ ਹੈ | ਉਨ੍ਹਾਂ ਕਿਹਾ ਕਿ ਸ਼ੋ੍ਰਮਣੀ ਅਕਾਲੀ ਦਲ ਧਾਰਮਿਕ ਅਤੇ ਗੁਰੂ ਘਰਾਂ ਨੂੰ ਆਜ਼ਾਦ ਕਰਾਉਣ ਲਈ ਬਣਿਆ ਸੀ ਤੇ ਉਨ੍ਹਾਂ ਵੀ ਪਾਰਟੀ ਲਈ ਬਹੁਤ ਕੁਰਬਾਨੀਆਂ ਕੀਤੀਆਂ ਹਨ | ਪਾਰਟੀ ਦੇ ਪ੍ਰਧਾਨ ਪ੍ਰਤੀ ਕਿਸੇ ਨਰਾਜ਼ਗੀ ਬਾਰੇ ਪੁੱਛੇ ਜਾਣ ‘ਤੇ ਉਨ੍ਹਾਂ ਸਪੱਸ਼ਟ ਕੀਤਾ ਕਿ ਉਹ ਇਸ ਬਾਰੇ ਆਪਣੇ ਪੱਤਰ ਵਿਚ ਪਹਿਲਾਂ ਲਿਖ ਚੁੱਕੇ ਹਨ ਕਿ ਉਨ੍ਹਾਂ ਦੀ ਸਿਹਤ ਇਜਾਜ਼ਤ ਨਹੀਂ ਦਿੰਦੀ ਅਤੇ ਹੁਣ ਕਿਉਂ ਅਹੁਦਿਆਂ ਨੂੰ ਚਿੰਬੜੇ ਰਹੀਏ | ਬੇੇਦਅਬੀ ਦੀਆਂ ਘਟਨਾਵਾਂ ਸਬੰਧੀ ਅਕਾਲੀ ਦਲ ਦੀ ਸਰਕਾਰ ਵਲੋਂ ਕੋਈ ਠੋਸ ਕਾਰਵਾਈ ਨਾ ਕੀਤੇ ਜਾਣ ਦੇ ਲੱਗ ਰਹੇ ਦੋਸ਼ਾਂ ਬਾਰੇ ਸ: ਢੀਂਡਸਾ ਨੇ ਕਿਹਾ ਕਿ ਉਸ ਵੇਲੇ ਦੀ ਅਕਾਲੀ ਦਲ ਦੀ ਸਰਕਾਰ ਵਲੋਂ ਜਾਂਚ ਕਮਿਸ਼ਨ ਬਣਾਇਆ ਗਿਆ ਸੀ |
ਪਾਰਟੀ ‘ਚ ਆਏ ਨਿਘਾਰ ਸਬੰਧੀ ਸਵੈ-ਚਿੰਤਨ ਦੀ ਲੋੜ ਸਬੰਧੀ ਪੁੱਛੇ ਜਾਣ ‘ਤੇ ਉਨ੍ਹਾਂ ਕਿਹਾ ਕਿ ਹਰ ਪਾਰਟੀ ਨੂੰ ਇਸ ਦੀ ਲੋੜ ਹੁੰਦੀ ਹੈ ਤੇ ਅਕਾਲੀ ਦਲ ਨੂੰ ਵੀ ਮਿਲ ਬੈਠ ਕੇ ਫ਼ੈਸਲਾ ਕਰਨਾ ਚਾਹੀਦਾ ਹੈ | ਜਥੇ: ਰਣਜੀਤ ਸਿੰਘ ਬ੍ਰਹਮਪੁਰਾ ਤੇ ਮਾਝੇ ਦੇ ਹੋਰ ਅਕਾਲੀ ਆਗੂਆਂ ਵਲੋਂ ਪਾਰਟੀ ਦੀ ਪਟਿਆਲਾ ਰੈਲੀ ‘ਚੋਂ ਦੂਰ ਰਹਿਣ ਸਬੰਧੀ ਉਨ੍ਹਾਂ ਕਿਹਾ ਕਿ ਇਸ ਬਾਰੇ ਤਾਂ ਉਹੀ ਦੱਸ ਸਕਦੇ ਹਨ, ਉਹ ਕੋਈ ਟਿੱਪਣੀ ਨਹੀਂ ਕਰਨਗੇ | ਪਾਰਟੀ ਤੇ ਪਾਰਟੀ ਪ੍ਰਧਾਨ ਸਬੰਧੀ ਵਾਰ-ਵਾਰ ਪੁੱਛੇ ਗਏ ਸਵਾਲਾਂ ਨੂੰ ਟਾਲਦਿਆਂ ਉਨ੍ਹਾਂ ਕਿਹਾ ਕਿ ਅੱਜ ਉਹ ਸ੍ਰੀ ਹਰਿਮੰਦਰ ਸਾਹਿਬ ਦਰਸ਼ਨ ਕਰਨ ਆਏ ਹਨ, ਫਿਰ ਕਿਸੇ ਵੇਲੇ ਖੁੱਲ ਕੇ ਗੱਲ ਕਰਾਂਗੇ | ਜ਼ਿਕਰਯੋਗ ਹੈ ਕਿ ਅਸਤੀਫ਼ਾ ਦੇਣ ਤੋਂ ਬਾਅਦ ਸ: ਢੀਂਡਸਾ ਅੱਜ ਪਹਿਲੀ ਵਾਰ ਪੱਤਰਕਾਰਾਂ ਦੇ ਰੂਬਰੂ ਹੋਏ ਸਨ |

Leave a Reply

Your email address will not be published.