ਅੰਮਿ੍ਤਸਰ-ਉੱਤਰਾਖੰਡ ਦੇ ਮੁੱਖ ਮੰਤਰੀ ਤਿ੍ਵੇਂਦਰ ਸਿੰਘ ਰਾਵਤ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਏ | ਉਨ੍ਹਾਂ ਸ਼ਰਧਾ ਸਹਿਤ ਗੁਰੂ ਘਰ ਮੱਥਾ ਟੇਕਿਆ ਤੇ ਸਿੱਖ ਧਰਮ ਤੇ ਸਿੱਖ ਇਤਿਹਾਸ ਦੀ ਪ੍ਰਸੰਸਾ ਕੀਤੀ, ਪਰ ਸਿੱਖ ਪੰਥ ਵਲੋਂ ਗੁਰਦੁਆਰਾ ਗਿਆਨ ਗੋਦੜੀ ਸਾਹਿਬ ਹਰਿਦੁਆਰ ਵਾਲੀ ਇਤਿਹਾਸਕ ਥਾਂ ਸ਼ੋ੍ਰਮਣੀ ਕਮੇਟੀ ਨੂੰ ਦਿੱਤੇ ਜਾਣ ਦੀ ਕੀਤੀ ਜਾ ਰਹੀ ਮੰਗ ਬਾਰੇ ਉਹ ਪੱਤਰਕਾਰਾਂ ਦੇ ਸਵਾਲਾਂ ਦੇ ਗੋਲ-ਮੋਲ ਜਵਾਬ ਦੇ ਗਏ | ਸ੍ਰੀ ਰਾਵਤ ਦੇਹਰਾਦੂਨ ਤੋਂ ਅੰਮਿ੍ਤਸਰ ਤੱਕ ਸ਼ੁਰੂ ਹੋਈ ਪਹਿਲੀ ਉਡਾਣ ਰਾਹੀਂ ਗੁਰੂ ਨਗਰੀ ਪੁੱਜੇ ਸਨ | ਇਸ ਮੌਕੇ ਉਨ੍ਹਾਂ ਨਾਲ ਉਨ੍ਹਾਂ ਦੇ ਪਰਿਵਾਰਕ ਮੈਂਬਰ ਤੇ ਕਾਸ਼ੀਪੁਰ ਤੋਂ ਉੱਤਰਾਖੰਡ ਦੇ ਇਕਲੌਤੇ ਸਿੱਖ ਵਿਧਾਇਕ ਹਰਭਜਨ ਸਿੰਘ ਚੀਮਾ ਵੀ ਹਾਜ਼ਰ ਸਨ | ਉਹ ਸਭ ਤੋਂ ਪਹਿਲਾਂ ਸ੍ਰੀ ਗੁਰੂ ਰਾਮਦਾਸ ਲੰਗਰ ਵਿਖੇ ਗਏ, ਜਿਥੇ ਉਨ੍ਹਾਂ ਨਾ ਕੇਵਲ ਪੰਗਤ ‘ਚ ਬੈਠ ਕੇ ਲੰਗਰ ਛਕਿਆ, ਬਲਕਿ ਬਰਤਨਾਂ ਦੀ ਸੇਵਾ ਵੀ ਕੀਤੀ | ਪਰਿਕਰਮਾ ਕਰਦਿਆਂ ਉਨ੍ਹਾਂ ਸ੍ਰੀ ਹਰਿਮੰਦਰ ਸਾਹਿਬ ਦੇ ਇਤਿਹਾਸ ਬਾਰੇ ਵਿਸਥਾਰਤ ਜਾਣਕਾਰੀ ਪ੍ਰਾਪਤ ਕੀਤੀ | ਬਾਅਦ ਵਿਚ ਸ਼ੋ੍ਰਮਣੀ ਕਮੇਟੀ ਦੇ ਸਕੱਤਰ ਮਨਜੀਤ ਸਿੰਘ ਬਾਠ, ਮੈਨੇਜਰ ਜਸਵਿੰਦਰ ਸਿੰਘ ਦੀਨਪੁਰ ਤੇ ਹੋਰਨਾਂ ਵਲੋਂ ਉਨ੍ਹਾਂ ਦਾ ਸ੍ਰੀ ਹਰਿਮੰਦਰ ਸਾਹਿਬ ਦਾ ਸੁਨਹਿਰੀ ਮਾਡਲ, ਸਿਰੋਪਾਓ, ਦੁਸ਼ਾਲਾ ਤੇ ਧਾਰਮਿਕ ਪੁਸਤਕ ਭੇਟ ਕਰਕੇ ਸਨਮਾਨ ਕੀਤਾ ਗਿਆ | ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ੍ਰੀ ਰਾਵਤ ਨੇ ਕਿਹਾ ਕਿ ਸਿੱਖਾਂ ਦਾ ਇਤਿਹਾਸ ਬਲਿਦਾਨ ਦਾ ਇਤਿਹਾਸ ਹੈ | ਉਨ੍ਹਾਂ ਕਿਹਾ ਕਿ ਮੇਰੀ ਇਸ ਅਸਥਾਨ ਦੇ ਦਰਸ਼ਨ ਕਰਨ ਦੀ ਚਿਰੋਕਣੀ ਇੱਛਾ ਪੂਰੀ ਹੋਈ ਹੈ | ਉਨ੍ਹਾਂ ਕਿਹਾ ਕਿ ਦੇਹਰਾਦੂਨ-ਅੰਮਿ੍ਤਸਰ ਦਰਮਿਆਨ ਸਿੱਧੀ ਹਵਾਈ ਉਡਾਣ ਸ਼ੁਰੂ ਹੋਣ ਨਾਲ ਦੋਵਾਂ ਰਾਜਾਂ ਦੇ ਲੋਕਾਂ ਨੂੰ ਫਾਇਦਾ ਹੋਵੇਗਾ ਤੇ ਸੈਰ-ਸਪਾਟੇ ਨੂੰ ਹੁਲਾਰਾ ਮਿਲੇਗਾ |
