ਮੁੱਖ ਖਬਰਾਂ
Home / ਪੰਜਾਬ / ਬਟਾਲਾ ਸ਼ਹਿਰ ਨੂੰ ਦਿਤਾ ਜਾਵੇਗਾ ਨਗਰ ਨਿਗਮ ਦਾ ਦਰਜਾ : ਜਾਖੜ

ਬਟਾਲਾ ਸ਼ਹਿਰ ਨੂੰ ਦਿਤਾ ਜਾਵੇਗਾ ਨਗਰ ਨਿਗਮ ਦਾ ਦਰਜਾ : ਜਾਖੜ

Spread the love

ਬਟਾਲਾ – ਗੁਰਦਾਸਪੁਰ ਤੋਂ ਲੋਕ ਸਭਾ ਮੈਂਬਰ ਅਤੇ ਪੰਜਾਬ ਕਾਂਗਰਸ ਪ੍ਰਧਾਨ ਸ਼੍ਰੀ ਸੁਨੀਲ ਜਾਖੜ ਨੇ ਐਲਾਨ ਕੀਤਾ ਹੈ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਸੁਹਰੇ ਪਰਵਾਰ ਦੇ ਨਗਰ ਬਟਾਲਾ ਨੂੰ ਨਗਰ ਨਿਗਮ ਦਾ ਦਰਜਾ ਦਿਤਾ ਜਾਵੇਗਾ। ਅੱਜ ਬਟਾਲਾ ਵਿਖੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਸ਼੍ਰੀ ਜਾਖੜ ਨੇ ਕਿਹਾ ਕਿ ਇਸ ਸਬੰਧੀ ਉਨ੍ਹਾਂ ਨੇ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਨਾਲ ਵੀ ਮੁੱਦਾ ਵਿਚਾਰਿਆ ਹੈ ਅਤੇ ਛੇਤੀ ਹੀ ਮੁੱਖ ਮੰਤਰੀ ਬਟਾਲਾ ਨੂੰ ਨਗਰ ਨਿਗਮ ਦਾ ਦਰਜਾ ਦੇਣਗੇ। ਉਨ੍ਹਾਂ ਕਿਹਾ ਕਿ ਜੇਕਰ ਫ਼ਗਵਾੜਾ, ਹੁਸ਼ਿਆਰਪੁਰ ਅਤੇ ਪਠਾਨਕੋਟ ਸ਼ਹਿਰ ਨਗਰ ਨਿਗਮ ਬਣ ਸਕਦੇ ਹਨ ਤਾਂ ਬਟਾਲਾ ਵੀ ਨਗਰ ਨਿਗਮ ਬਣਨ ਦੀਆਂ ਸਾਰੀਆਂ ਸ਼ਰਤਾਂ ਪੂਰੀਆਂ ਕਰਦਾ ਹੈ। ਉਨ੍ਹਾਂ ਕਿਹਾ ਕਿ ਬਟਾਲਾ ਦੇ ਨਗਰ ਨਿਗਮ ਬਣਨ ਨਾਲ ਇਸਦੀ ਆਮਦਨ ਦੇ ਸਰੋਤਾਂ ਵਿਚ ਵਾਧਾ ਹੋਵੇਗਾ ਅਤੇ ਸਰਕਾਰ ਕੋਲੋਂ ਵੀ ਇਥੇ ਵੱਧ ਗ੍ਰਾਂਟਾਂ ਆਉਣਗੀਆਂ ਜਿਸ ਨਾਲ ਸ਼ਹਿਰ ਦਾ ਵਿਕਾਸ ਸੰਭਵ ਹੋ ਸਕੇਗਾ। ਸ਼੍ਰੀ ਜਾਖੜ ਨੇ ਕਿਹਾ ਕਿ ਪੰਜਾਬ ਸਰਕਾਰ ਇਸ ਇਤਿਹਾਸਕ ਸ਼ਹਿਰ ਨੂੰ ਮਾੜੀ ਹਾਲਤ ‘ਚੋਂ ਬਾਹਰ ਕੱਢਣ ਲਈ ਯਤਨ ਅਰੰਭ ਚੁੱਕੀ ਹੈ ਅਤੇ ਛੇਤੀ ਹੀ ਸ਼ਹਿਰ ਵਾਸੀਆਂ ਦੀਆਂ ਮੁਸ਼ਕਲਾਂ ਦਾ ਹੱਲ ਕਰ ਦਿਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਬਟਾਲਾ ਸ਼ਹਿਰ ਵਿਚ ਸੀਵਰੇਜ ਸਿਸਟਮ ਨੂੰ ਠੀਕ ਕਰਨ ਲਈ 110 ਕਰੋੜ ਰੁਪਏ ਦਾ ਵਿਸ਼ੇਸ਼ ਪ੍ਰਾਜੈਕਟ ਉਲੀਕਿਆ ਹੈ ਅਤੇ ਅਉਂਦੇ 10 ਦਿਨਾਂ ਵਿਚ ਪੰਜਾਬ ਦੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਸ. ਨਵਜੋਤ ਸਿੰਘ ਸਿੱਧੂ ਬਟਾਲਾ ਪਹੁੰਚ ਕੇ ਸੀਵਰੇਜ ਦੇ ਇਸ ਪ੍ਰਾਜੈਕਟ ਦੀ ਸ਼ੁਰੂਆਤ ਕਰਨਗੇ। ਸ਼੍ਰੀ ਜਾਖੜ ਨੇ ਕਿਹਾ ਕਿ ਬਟਾਲਾ ਸ਼ਹਿਰ ਦੀ ਤਰਸਯੋਗ ਹਾਲਤ ਲਈ ਅਕਾਲੀ-ਭਾਜਪਾ ਸਰਕਾਰ ਦਾ 10 ਸਾਲਾ ਕੁਸ਼ਾਸਨ ਜ਼ਿੰਮੇਵਾਰ ਹੈ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਦੇ 550 ਸਾਲਾ ਪ੍ਰਕਾਸ਼ ਪੁਰਬ ਮੌਕੇ ਇਸ ਸ਼ਹਿਰ ਨੂੰ ਸਾਰੀਆਂ ਬੁਨਿਆਦੀ ਸਹੂਲਤਾਂ ਮੁਹਈਆ ਕਰਾਈਆਂ ਜਾਣਗੀਆਂ।

Leave a Reply

Your email address will not be published.