ਮੁੱਖ ਖਬਰਾਂ
Home / ਪੰਜਾਬ / ਕਾਂਗਰਸ ਰਾਜ ’ਚ ਕਿਸਾਨ ਖ਼ੁਦਕੁਸ਼ੀਆਂ 900 ਤੋਂ ਪਾਰ

ਕਾਂਗਰਸ ਰਾਜ ’ਚ ਕਿਸਾਨ ਖ਼ੁਦਕੁਸ਼ੀਆਂ 900 ਤੋਂ ਪਾਰ

Spread the love

ਚੰਡੀਗੜ੍ਹ-ਪੰਜਾਬ ਵਿਚ ਕਿਸਾਨ ਖ਼ੁਦਕੁਸ਼ੀਆਂ ਥੰਮ੍ਹਣ ਦਾ ਨਾਂ ਨਹੀਂ ਲੈ ਰਹੀਆਂ। ਵੇਰਵਿਆਂ ਮੁਤਾਬਕ ਸੂਬੇ ਵਿਚ 2017 ’ਚ ਕਾਂਗਰਸ ਸਰਕਾਰ ਦੇ ਹੋਂਦ ਵਿਚ ਆਉਣ ਤੋਂ ਬਾਅਦ 900 ਤੋਂ ਵੱਧ ਕਿਸਾਨ ਤੇ ਖੇਤ ਮਜ਼ਦੂਰ ਖ਼ੁਦਕੁਸ਼ੀਆਂ ਕਰ ਚੁੱਕੇ ਹਨ। ਇਨ੍ਹਾਂ ਵਿਚੋਂ 359 ਖ਼ੁਦਕੁਸ਼ੀਆਂ ਦੀਆਂ ਘਟਨਾਵਾਂ ਕਾਂਗਰਸ ਸਰਕਾਰ ਕਾਇਮ ਹੋਣ ਦੇ ਨੌਂ ਮਹੀਨਿਆਂ ਦੇ ਅੰਦਰ ਵਾਪਰੀਆਂ ਜਦਕਿ ਲੰਘੇ ਵਰ੍ਹੇ ਇਹ ਗਿਣਤੀ 528 ਨੂੰ ਅੱਪੜ ਗਈ। ਇਸ ਵਰ੍ਹੇ ਇਕੱਲੇ ਜਨਵਰੀ ਵਿਚ ਹੀ 32 ਅਜਿਹੇ ਮਾਮਲੇ ਸਾਹਮਣੇ ਆਏ ਹਨ। ਖ਼ੁਦਕੁਸ਼ੀਆਂ ਬਾਰੇ ਰਿਕਾਰਡ ਇਕੱਤਰ ਕਰਨ ਵਾਲੇ ਭਾਰਤੀ ਕਿਸਾਨ ਯੂਨੀਅਨ ਦੇ ਸੁਨਾਮ ਬਲਾਕ ਦੇ ਪ੍ਰੈੱਸ ਸਕੱਤਰ ਸੁਖਪਾਲ ਮਾਣਕ ਨੇ ਦੱਸਿਆ ਕਿ ਅਸਲ ਗਿਣਤੀ ਇਸ ਤੋਂ ਕਿਤੇ ਵੱਧ ਹੋ ਸਕਦੀ ਹੈ ਕਿਉਂਕਿ ਕਈ ਸਥਾਨਕ ਤੇ ਹਿੰਦੀ ਅਤੇ ਅੰਗਰੇਜ਼ੀ ਟੀਵੀ ਚੈਨਲਾਂ, ਵੈੱਬ ਪੋਰਟਲਸ ’ਤੇ ਰਿਪੋਰਟ ਹੋਈਆਂ ਖ਼ੁਦਕੁਸ਼ੀਆਂ ਇਨ੍ਹਾਂ ਅੰਕੜਿਆਂ ਵਿਚ ਸ਼ਾਮਲ ਨਹੀਂ ਹਨ। ਉੱਘੇ ਅਰਥਸ਼ਾਸਤਰੀ ਪ੍ਰੋ. ਸੁੱਚਾ ਸਿੰਘ ਗਿੱਲ ਨੇ ਕਿਹਾ ਕਿ ਸਰਕਾਰਾਂ ਬਦਲਦੀਆਂ ਰਹੀਆਂ ਹਨ ਤੇ ਖ਼ੁਦਕੁਸ਼ੀਆਂ ਦਾ ਰੁਝਾਨ ਪਹਿਲਾਂ ਵਾਂਗ ਹੀ ਜਾਰੀ ਹੈ। ਉਨ੍ਹਾਂ ਕਿਹਾ ਕਿ ਇਸ ਲਈ ਵਿਗਿਆਨਕ ਪੱਧਰ ’ਤੇ ਹੋਰ ਡੂੰਘਾਈ ਨਾਲ ਜਾਂਚ ਕਰਨ ਦੀ ਲੋੜ ਹੈ। ਅਰਥ ਸ਼ਾਸਤਰੀਆਂ ਨੇ ਕਿਹਾ ਕਿ ਰਾਜ ਦੇ ਖੇਤੀ ਸੰਕਟ ਦਾ ਹੱਲ ਕੁਝ ਸਥਾਈ ਕਦਮਾਂ ’ਤੇ ਅਧਾਰਤ ਹੈ। ਇੱਥੋਂ ਤੱਕ ਕਿ ਸਰਕਾਰ ਦੀ ਕਰਜ਼ਾ ਮੁਆਫ਼ੀ ਵੀ ਅਸਥਾਈ ਤੌਰ ’ਤੇ ਮਦਦਗਾਰ ਸਾਬਿਤ ਹੋਈ ਹੈ। ਕਿਸਾਨ ਖ਼ੁਦਕੁਸ਼ੀਆਂ ਦੇ ਆਰਥਿਕ ਤੇ ਸਮਾਜਿਕ ਦੋਵੇਂ ਪਹਿਲੂ ਹਨ। ਜ਼ਿਆਦਾਤਰ ਛੋਟੇ ਤੇ ਦਰਮਿਆਨੇ ਕਿਸਾਨ ਖੇਤੀ ਸੰਕਟ ਦਾ ਸ਼ਿਕਾਰ ਹਨ। ਇਸ ਸਮੱਸਿਆ ਦਾ ਹੱਲ ਖੇਤੀਬਾੜੀ ਖੇਤਰ ਤੋਂ ਬਾਹਰ ਰੁਜ਼ਗਾਰ ਪੈਦਾ ਕਰਨ ਤੇ ਕਿਸਾਨਾਂ ਦੀ ਆਮਦਨ ਵਧਾਉਣ ਨਾਲ ਹੋ ਸਕਦਾ ਹੈ ਅਤੇ ਮੌਜੂਦਾ ਹਾਲਾਤ ਵਿੱਚ ਸਰਕਾਰ ਵੱਲੋਂ ਇਹ ਦੋਵੇਂ ਕਦਮ ਨਹੀਂ ਉਠਾਏ ਗਏ। ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੇ ਉੱਘੇ ਅਰਥ ਸ਼ਾਸਤਰੀ ਪ੍ਰੋਫੈਸਰ ਸੁਖਪਾਲ ਜੋ ਸਾਲ 2000 ਤੋਂ 2015 ਵਿਚਾਲੇ ਹੋਈਆਂ ਖ਼ੁਦਕੁਸ਼ੀਆਂ ਬਾਰੇ ਸਟੱਡੀ ਕਰਨ ਵਾਲੀ ਟੀਮ ਦੇ ਮੁਖੀ ਰਹੇ ਸਨ, ਨੇ ਕਿਹਾ ਕਿ ਵਪਾਰ ਦੀਆਂ ਸ਼ਰਤਾਂ ਨੂੰ ਖੇਤੀਬਾੜੀ ਦੇ ਅਨੁਕੂਲ ਬਣਾਉਣਾ ਹੋਵੇਗਾ। ਇਸ ਵੇਲੇ ਨਾ ਤਾਂ ਖੇਤੀ ਨਾਲ ਸਬੰਧਤ ਸਾਜੋ ਸਾਮਾਨ ਦੀਆਂ ਕੀਮਤਾਂ ’ਤੇ ਕੋਈ ਕੰਟਰੋਲ ਹੈ ਤੇ ਨਾ ਹੀ ਕਿਸਾਨਾਂ ਨੂੰ ਉਨ੍ਹਾਂ ਦੀਆਂ ਜਿਣਸਾਂ ਦਾ ਵਾਜਿਬ ਮੁੱਲ ਮਿਲਦਾ ਹੈ।
ਕਿਸਾਨ ਜਥੇਬੰਦੀਆਂ ਦਾ ਕਹਿਣਾ ਹੈ ਕਿ ਖ਼ੁਦਕੁਸ਼ੀਆਂ ਦਾ ਸਿਲਸਿਲਾ ਜਾਰੀ ਹੈ ਕਿਉਂਕਿ ਸਰਕਾਰ ਆਪਣੇ ਵਾਅਦੇ ਪੂਰੇ ਕਰਨ ਵਿੱਚ ਅਸਫ਼ਲ ਰਹੀ ਹੈ। ਭਾਰਤੀ ਕਿਸਾਨ ਯੂਨੀਅਨ (ਉਗਰਾਹਾਂ) ਦੇ ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀ ਨੇ ਕਿਹਾ ਕਿ ਸਰਕਾਰ ਚੋਣਾਂ ਤੋਂ ਪਹਿਲਾਂ ਕੀਤੇ ਵਾਅਦਿਆਂ ਤੋਂ ਭੱਜ ਚੁੱਕੀ ਹੈ। ਕਿਸਾਨਾਂ ਵੱਲੋਂ ਸ਼ਾਹੂਕਾਰਾਂ ਕੋਲੋਂ ਲਏ ਕਰਜ਼ਿਆਂ ਬਾਰੇ ਸਰਕਾਰ ਚੁੱਪ ਹੈ। ਇੱਥੋਂ ਤੱਕ ਕਿ ਸਰਕਾਰ ਵੱਲੋਂ ਕੀਤੀ ਗਈ ਕਰਜ਼ਾ ਮੁਆਫ਼ੀ ਵਿੱਚ ਵੀ ਪੱਖਪਾਤ ਹੋਇਆ ਹੈ ਅਤੇ ਕਰਜ਼ਾ ਮੁਆਫ਼ੀ ਸਬੰਧੀ ਸੂਚੀਆਂ ਸਥਾਨਕ ਕਾਂਗਰਸੀ ਆਗੂਆਂ ਵੱਲੋਂ ਬਣਾਈਆਂ ਗਈਆਂ ਹਨ, ਇਸ ਵਾਸਤੇ ਵੱਡੀ ਗਿਣਤੀ ਅਮੀਰ ਕਿਸਾਨਾਂ ਅਤੇ ਸਿਆਸੀ ਆਗੂਆਂ ਦੇ ਨਾਂ ਲਾਭਪਾਤਰੀਆਂ ਦੀ ਸੂਚੀ ਵਿੱਚ ਸ਼ਾਮਲ ਹਨ। ਦੱਸਣਯੋਗ ਹੈ ਕਿ ਪਿਛਲੇ ਸਮੇਂ ਵਿੱਚ ਰਾਜ ਸਰਕਾਰ ਵੱਲੋਂ ਕਰਵਾਈ ਗਈ ਸਟੱਡੀ ਵਿੱਚ ਪਾਇਆ ਗਿਆ ਸੀ ਕਿ ਸਾਲ 2000 ਤੋਂ 2015 ਵਿਚਾਲੇ ਖੇਤੀ ਧੰਦੇ ਨਾਲ ਜੁੜੇ 16606 ਵਿਅਕਤੀਆਂ ਨੇ ਖ਼ੁਦਕੁਸ਼ੀਆਂ ਕੀਤੀਆਂ ਜਿਨ੍ਹਾਂ ਵਿੱਚ 9243 ਕਿਸਾਨ ਤੇ 7363 ਮਜ਼ਦੂਰ ਸ਼ਾਮਲ ਸਨ।

Leave a Reply

Your email address will not be published.